ਓ ਗੁਰੂ, ਤੇਰੇ ਘਰ ਅੱਗੇ ਵੀ ਕਿਸਾਨ ਹੋ ਗਏ ਸ਼ੁਰੂ


ਅੰਮ੍ਰਿਤਸਰ - ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਉਣ ਲਈ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਘਰ ਘੇਰਿਆ ਅਤੇ ਰੋਸ ਵਿਖਾਵਾ ਕੀਤਾ। ਕਿਸਾਨ ਪਹਿਲਾਂ ਰਣਜੀਤ ਐਵੇਨਿਊ ਨੇੜੇ ਇਕੱਠੇ ਹੋਏ ਅਤੇ ਮਗਰੋਂ ਮਾਰਚ ਕਰਦੇ ਹੋਏ ਬਾਈਪਾਸ  ਵਿਖੇ ਸ੍ਰੀ ਸਿੱਧੂ ਦੇ ਘਰ ਦੇ ਬਾਹਰ ਪੁੱਜੇ। ਇਸ ਤੋਂ ਪਹਿਲਾਂ ਪੁਲੀਸ ਨੇ ਵਿਖਾਵਾਕਾਰੀਆਂ ਨੂੰ ਰੋਕਣ ਦਾ ਯਤਨ ਕੀਤਾ ਪਰ ਇਹ ਯਤਨ ਸਫ਼ਲ ਨਾ ਹੋਇਆ। ਕਿਸਾਨਾਂ ਨੇ ਸਾਰੀ ਦੁਪਹਿਰ ਸਿੱਧੂ ਦੇ ਘਰ ਦੇ ਬਾਹਰ ਧਰਨਾ ਦਿੱਤਾ।
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, ਲਖਵਿੰਦਰ ਵਰਿਆਮ ਤੇ ਹੋਰਾਂ ਨੇ ਆਖਿਆ ਕਿ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਾਰਾ ਕਰਜ਼ਾ ਮੁਆਫ਼ ਕਰਨ ਦੀ ਥਾਂ ਸਿਰਫ਼ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਬੁਲਾਰਿਆਂ ਨੇ ਵਿਅੰਗ ਕੀਤਾ ਕਿ ਕਿਸਾਨਾਂ ਦੀ ਵਾਰੀ ਸਰਕਾਰੀ ਖ਼ਜ਼ਾਨੇ ਖਾਲੀ ਹੋ ਜਾਂਦੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਆਪਣੇ ਨੌਂ ਓਐਸਡੀ ਰੱਖੇ ਹੋਏ ਹਨ ਅਤੇ ਸਲਾਹਕਾਰਾਂ ਦੀ ਤਨਖਾਹ ਵੀ ਵਧਾਈ ਹੈ। ਕੇਂਦਰ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਦਾ ਦੋ ਲੱਖ ਕਰੋੜ ਰੁਪਏ ਦਾ ਕਰਜ਼ ਮੁਆਫ਼ ਕਰ ਦਿੱਤਾ ਹੈ ਪਰ ਕਿਸਾਨਾਂ ਲਈ ਕੋਈ ਕਰਜ਼ਾ ਮੁਆਫ਼ੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਕਰਜ਼ਾ ਮੁਆਫ਼ੀ ਬਾਰੇ ਰਾਜਨੀਤੀ ਕੀਤੀ ਜਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਐਲਾਨੀ ਰਾਸ਼ੀ ਦਿੱਤੀ ਜਾਵੇ ਅਤੇ ਭਵਿੱਖ ਲਈ ਅਜਿਹੀ ਨੀਤੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਸਿਰ ਕਰਜ਼ਾ ਨਾ ਚੜ੍ਹੇ। ਇਸ ਤੋਂ ਇਲਾਵਾ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ।
ਇਸ ਦੌਰਾਨ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ ਪਰ ਵਿਖਾਵਾਕਾਰੀਆਂ ਨੇ ਮੰਗ ਕੀਤੀ ਕਿ ਉਹ ਦਿੱਤੇ ਮੰਗ ਪੱਤਰ ’ਤੇ ਅਮਲ ਕਰਾਉਣ ਲਈ ਆਏ ਹਨ। ਡਾ. ਸਿੱਧੂ ਨੇ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਸ੍ਰੀ ਨਵਜੋਤ ਸਿੰਘ ਸਿੱਧੂ ਕੋਲ ਰੱਖਣਗੇ ਤਾਂ ਜੋ ਮੁੱਖ ਮੰਤਰੀ ਨਾਲ ਗੱਲਬਾਤ ਕਰ ਕੇ ਮਸਲਾ ਹੱਲ ਕੀਤਾ ਜਾ ਸਕੇ ਪਰ ਉਹ ਮੁੜ ਅਗਲੀ ਗੱਲਬਾਤ ਸਬੰਧੀ ਕੋਈ ਸੁਨੇਹਾ ਦੇਣ ਨਾ ਪੁੱਜੇ। ਇਸ ਦੌਰਾਨ ਸ਼ਾਮ ਨੂੰ ਐਸਡੀਐਮ ਅਤੇ ਡੀਸੀਪੀ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦੇਣ ਮਗਰੋਂ ਧਰਨਾ ਖ਼ਤਮ ਹੋਇਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਇਕ ਦੋ ਦਿਨਾਂ ਵਿੱਚ ਮੀਟਿੰਗ ਕਰਾਉਣ ਜਾਂ ਫਿਰ 25 ਅਗਸਤ ਨੂੰ ਬਿਜਲੀ ਨਿਗਮ ਦੀ ਮੀਟਿੰਗ ਸਮੇਂ ਮੁੱਖ ਮੰਤਰੀ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਦੱਸਿਆ ਕਿ ਅੱਜ ਹੋਰ ਥਾਵਾਂ ’ਤੇ ਵੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਘੇਰ ਕੇ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਗਈ ਹੈ।

 

 

fbbg-image

Latest News
Magazine Archive