ਜਾਧਵ ਦੇ ਪਰਿਵਾਰ ਲਈ 25 ਦਸੰਬਰ ਹੋਵੇਗਾ ‘ਵੱਡਾ ਦਿਨ’


ਇਸਲਾਮਾਬਾਦ - ਪਾਕਿਸਤਾਨ ਨੇ ਕੁਲਭੂਸ਼ਣ ਜਾਧਵ (47) ਨਾਲ ਮਾਂ ਅਵੰਤਿਕਾ ਅਤੇ ਪਤਨੀ ਦੀ 25 ਦਸੰਬਰ ਨੂੰ ਮੁਲਾਕਾਤ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਫ਼ੌਜੀ ਅਦਾਲਤ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਜਾਧਵ ਨੂੰ ਜਾਸੂਸੀ ਅਤੇ ਦਹਿਸ਼ਤਗਰਦੀ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਏ ਜਾਣ ਮਗਰੋਂ ਪਾਕਿਸਤਾਨ ਨੇ ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਮਨਜ਼ੂਰੀ ਦਿੱਤੀ ਹੈ। ਭਾਰਤ, ਪਾਕਿਸਤਾਨ ’ਤੇ ਦਬਾਅ ਬਣਾਉਂਦਾ ਆ ਰਿਹਾ ਸੀ ਕਿ ਉਹ ਮਾਨਵੀ ਆਧਾਰ ’ਤੇ ਜਾਧਵ ਦੀ ਮਾਂ ਨੂੰ ਵੀ ਮਿਲਣ ਦੀ ਇਜਾਜ਼ਤ ਦੇਵੇ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਪਾਕਿਸਤਾਨ ਨੇ ਪਤਨੀ ਦੀ ਜਾਧਵ ਨਾਲ ਮੁਲਾਕਾਤ ਕਰਾਉਣ ’ਤੇ ਸਹਿਮਤੀ ਜਤਾਈ ਸੀ। ਜ਼ਿਕਰਯੋਗ ਹੈ ਕਿ ਮਈ ’ਚ ਕੌਮਾਂਤਰੀ ਨਿਆਂ ਅਦਾਲਤ ਨੇ ਭਾਰਤ ਦੀ ਅਪੀਲ ’ਤੇ ਕੁਲਭੂਸ਼ਣ ਜਾਧਵ ਦੀ ਸਜ਼ਾ-ਏ-ਮੌਤ ’ਤੇ ਰੋਕ ਲਾ ਦਿੱਤੀ ਸੀ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਜਾਧਵ ਦੀ ਮਾਂ ਅਤੇ ਪਤਨੀ ਨਾਲ ਮੁਲਾਕਾਤ ਕਰਾਉਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫ਼ੈਸਲੇ ਬਾਰੇ ਭਾਰਤ ਨੂੰ ਸੁਨੇਹਾ ਦੇ ਦਿੱਤਾ ਗਿਆ ਹੈ। ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਤਰਜਮਾਨ ਨੇ ਕਿਹਾ ਕਿ ਇਸਲਾਮਾਬਾਦ ’ਚ ਹੋਣ ਵਾਲੀ ਮੁਲਾਕਾਤ ਦੌਰਾਨ ਭਾਰਤੀ ਹਾਈ ਕਮਿਸ਼ਨ ਦੇ ਅਮਲੇ ਦਾ ਇਕ ਮੈਂਬਰ ਵੀ ਹਾਜ਼ਰ ਰਹੇਗਾ। ਫ਼ੈਸਲ ਨੇ ਕਿਹਾ ਕਿ ਮਹਿਮਾਨਾਂ 01(ਜਾਧਵ ਦੀ ਮਾਂ ਅਤੇ ਪਤਨੀ) ਨਾਲ ਭਾਰਤੀ ਹਾਈ ਕਮਿਸ਼ਨ ਦੇ ਇਕ ਸਫ਼ੀਰ ਨੂੰ ਵੀ ਨਾਲ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਪਾਕਿਸਤਾਨ ਦਾ ਫ਼ੈਸਲਾ ਹਾਂ-ਪੱਖੀ ਵਰਤਾਰਾ: ਸੁਸ਼ਮਾ
ਨਵੀਂ ਦਿੱਲੀ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੁਲਭੂਸ਼ਣ ਜਾਧਵ ਨਾਲ ਮਾਂ ਅਤੇ ਪਤਨੀ ਦੀ ਮੁਲਾਕਾਤ ਪਾਕਿਸਤਾਨ ਸਰਕਾਰ ਵੱਲੋਂ ਕਰਾਉਣ ਦੇ ਐਲਾਨ ਦਾ ਅੱਜ ਸਵਾਗਤ ਕਰਦਿਆਂ ਕਿਹਾ ਕਿ ਪਾਕਿਸਤਾਨ ਦਾ ਇਹ ਫ਼ੈਸਲਾ ਹਾਂ-ਪੱਖੀ ਵਰਤਾਰਾ ਹੈ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਪਾਕਿਸਤਾਨ ਜਾਧਵ ਦੀ ਮਾਂ ਅਤੇ ਪਤਨੀ ਨੂੰ ਵੀਜ਼ੇ ਦੇਣ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੋਹਾਂ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਿਰ ਕੀਤੇ ਜਾਣ ਮਗਰੋਂ ਪਾਕਿਸਤਾਨ ਨੇ ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਹੈ।

 

 

fbbg-image

Latest News
Magazine Archive