ਬੁੱਤ ਤੋੜਨੇ ਭਾਰਤੀ ਸੰਸਕ੍ਰਿਤੀ ਦਾ ਹਿੱਸਾ ਨਹੀਂ: ਰਾਜਨਾਥ


ਅੰਮ੍ਰਿਤਸਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿੱਚ ਬੁੱਤ ਤੋੜਨ ਦੀਆਂ ਵਾਪਰੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਅਜਿਹੀ ਕਾਰਵਾਈ ਭਾਰਤੀ ਸੰਸਕ੍ਰਿਤੀ ਦਾ ਹਿੱਸਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸੂਬਾ ਸਰਕਾਰਾਂ ਨੂੰ ਬੁੱਤ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਹ ਅੱਜ ਇੱਥੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿੱਚ  ਸ਼ਹੀਦ ਊਧਮ ਸਿੰਘ ਦੇ ਸਥਾਪਤ ਕੀਤੇ ਆਦਮਕੱਦ ਬੁੱਤ ਤੋਂ ਪਰਦਾ ਹਟਾਉਣ ਲਈ ਆਏ ਸਨ। ਉਨ੍ਹਾਂ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
ਕੌਮਾਂਤਰੀ ਸਰਵ ਕੰਬੋਜ ਸਮਾਜ ਵੱਲੋਂ ਜਲ੍ਹਿਆਂਵਾਲਾ ਬਾਗ ਵਿੱਚ ਕਰਾਏ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ ਅਤੇ ਮਗਰੋਂ ਇਕੱਠ ਨੂੰ ਸੰਬੋਧਨ ਕੀਤਾ। ਸ਼ਹੀਦ ਊਧਮ ਸਿੰਘ ਨੇ ਅੱਜ ਦੇ ਦਿਨ ਹੀ 13 ਮਾਰਚ 1940 ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਅੰਗਰੇਜ਼ ਅਫਸਰ ਗਵਰਨਰ ਜਨਰਲ ਮਾਈਕਲ ਓ ਡਵਾਇਰ ਨੂੰ ਗੋਲੀ ਮਾਰੀ ਸੀ। ਇਸ ਅੰਗਰੇਜ਼ ਅਫਸਰ ਦੇ ਹੁਕਮਾਂ ’ਤੇ 13 ਅਪਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਵਿੱਚ ਇਕੱਠੇ ਹੋਏ ਲੋਕਾਂ ’ਤੇ ਗੋਲੀ ਚਲਾਈ ਗਈ ਸੀ।
ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲ ਬਦਲੇ ਦੀ ਭਾਵਨਾ ਨੂੰ ਆਪਣੇ ਦਿਲ ’ਚ ਕਾਇਮ ਰੱਖਿਆ ਸੀ ਅਤੇ ਕੌਮੀ ਸਵੈਮਾਣ ਲਈ ਅੰਗਰੇਜ਼ ਅਧਿਕਾਰੀ ਨੂੰ ਉਸ ਦੇ ਦੇਸ਼ ਵਿੱਚ ਹੀ ਸ਼ਰ੍ਹੇਆਮ ਗੋਲੀ ਮਾਰੀ ਸੀ। ਉਨ੍ਹਾਂ ਜਲ੍ਹਿਆਂਵਾਲਾ ਬਾਗ ਸਾਕੇ ਮਗਰੋਂ ਹੀ ਦੇਸ਼ ਦੇ ਨੌਜਵਾਨ ਕੌਮੀ ਸਵੈਮਾਣ ਲਈ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਕੁਦ ਪਏ ਸਨ। ਇਹ ਘਟਨਾ ਨੇ ਹੀ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਅਸ਼ਫਾਕ ਉੱਲਾ ਖਾਨ, ਰਾਜਗੁਰੂ, ਸੁਖਦੇਵ ਤੇ ਕਈ ਹੋਰ ਨੌਜਵਾਨ ਪੈਦਾ ਕੀਤੇ। ਉਨ੍ਹਾਂ ਇਸ ਮੌਕੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਵਰ੍ਹੇ ਨੂੰ 2019 ਵਿੱਚ ਇਕ ਸਾਲ ਦੇਸ਼ ਭਰ ਵਿੱਚ ਮਨਾਉਣ ਦਾ ਐਲਾਨ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਸ਼ਹੀਦੀ ਸਮਾਰਕ ਦੇ ਸੁੰਦਰੀਕਰਨ ਲਈ ਕੇਂਦਰ ਸਰਕਾਰ ਵੱਲੋਂ ਵਿਸਥਾਰਤ ਯੋਜਨਾ ਬਣਾਈ ਜਾਵੇਗੀ। ਦੇਸ਼ ਦੇ ਕੁਝ ਸੂਬਿਆਂ ਵਿਚ ਬੁੱਤਾਂ ਨੂੰ ਤੋੜਨ ਦੀਆਂ ਵਾਪਰੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੁੱਤ ਤੋੜਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਭਾਰਤੀ ਸੰਸਕ੍ਰਿਤੀ ਦਾ ਹਿੱਸਾ ਨਹੀਂ ਹੈ। ਉਨ੍ਹਾਂ ਆਖਿਆ ਕਿ ਕਿਸੇ ਨਾਲ ਵਿਚਾਰਧਾਰਾ ਮਿਲੇ ਜਾਂ ਨਾ ਮਿਲੇ, ਪਰ ਬੁੱਤ ਤੋੜਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੌਮਾਂਤਰੀ ਸਰਵ ਕੰਬੋਜ ਸਮਾਜ ਵੱਲੋਂ ਦਿੱਤੇ ਮੰਗ ਪੱਤਰ ਬਾਰੇ ਆਖਿਆ ਕਿ ਇਹ ਅਗਲੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਜਾਵੇਗਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ਼ਹੀਦ ਊਧਮ ਸਿੰਘ ਚੇਅਰ ਸਥਾਪਤ ਕਰਨ ਦੀ ਮੰਗ ਦਾ ਸਮਰਥਨ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਮੰਗ ਵੀ ਮੁੱਖ ਮੰਤਰੀ ਕੋਲ ਅਗਲੀ ਕਾਰਵਾਈ ਲਈ ਰੱਖੀ ਜਾਵੇਗੀ। ਇਸ ਮੌਕੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਦੇਸ਼ ਪੜ੍ਹਿਆ। ਸਮਾਗਮ ਨੂੰ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇ ਕੰਬੋਜ ਸਮਾਜ ਦੇ ਸਰਪ੍ਰਸਤ ਦੌਲਤ ਰਾਮ ਕੰਬੋਜ  ਨੇ ਸੰਬੋਧਨ ਕੀਤਾ। ਕੰਬੋਜ ਸਮਾਜ ਵੱਲੋਂ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਤੇ ਹੋਰ ਅਹੁਦੇਦਾਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ।
ਸਮਾਗਮ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸ਼ਵੇਤ ਮਲਿਕ, ਹਰਿਆਣਾ ਤੋਂ ਰਾਜ ਮੰਤਰੀ ਕਰਮ ਦੇਵ, ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਲਕਸ਼ਮੀ ਕਾਂਤਾ ਚਾਵਲਾ, ਰਾਜਿੰਦਰ ਮੋਹਨ ਸਿੰਘ ਛੀਨਾ, ਖੁਸ਼ਵੰਤ ਰਾਏ ਗੀਗਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਗ੍ਰਹਿ ਮੰਤਰੀ ਨੇ ਸੁਕਮਾ ਹਮਲੇ ’ਤੇ ਜਤਾਈ ਚਿੰਤਾ
ਛੱਤੀਸਗੜ੍ਹ ਸੂਬੇ ਦੇ ਸੁਕਮਾ ਇਲਾਕੇ ਵਿੱਚ ਹੋਏ ਨਕਸਲੀ ਹਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਨੇ ਚਿੰਤਾ ਜ਼ਾਹਿਰ ਕਰਦਿਆਂ ਇਸ ਨੂੰ ਦੁਖਦਾਈ ਦੱਸਿਆ। ਉਨ੍ਹਾਂ ਆਖਿਆ ਕਿ ਸੀਆਰਪੀਐੱਫ ਦੇ ਡਾਇਰੈਕਟਰ ਜਨਰਲ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਮੌਕੇ ’ਤੇ ਜਾਣ ਲਈ ਆਖਿਆ ਗਿਆ ਹੈ। ਇਸ ਘਟਨਾ ਵਿੱਚ ਮਾਰੇ ਗਏ ਸੀਆਰਪੀਐੱਫ ਦੇ ਜਵਾਨਾਂ ਨੂੰ ਸ਼ਹੀਦ ਦੱਸਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
 

 

 

fbbg-image

Latest News
Magazine Archive