ਮਾਝੇ ਵਿੱਚੋਂ ਉੱਠੀਆਂ ਬਗ਼ਾਵਤੀ ਸੁਰਾਂ


ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਅੱਜ ਇਥੇ ਮਾਝੇ ਦੇ ਕੁਝ ਸੀਨੀਅਰ ਅਕਾਲੀ ਆਗੂਆਂ ਨੇ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਵਿਚ ‘ਸਭ ਅੱਛਾ ਨਹੀਂ ਹੈ’। ਇਨ੍ਹਾਂ ਪੰਥਕ ਜਮਾਤਾਂ ਵਿਚ ਆਈਆਂ ਊਣਤਾਈਆਂ ਨੂੰ ਦੂਰ ਕਰਨ ਦੀ ਲੋੜ ਹੈ।
ਅੱਜ ਇਥੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੇ ਘਰੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਆਦਿ ਇਕੱਠੇ ਹੋਏ ਹਨ। ਇਨ੍ਹਾਂ ਨੇ ਜਿਥੇ ਆਪਸੀ ਮਤਭੇਦ ਦੂਰ ਕੀਤੇ ਹਨ, ਉਥੇ ਮਾਝੇ ਦੇ ਟਕਸਾਲੀ ਅਕਾਲੀਆਂ ਨੂੰ ਮੁੜ ਇਕ ਮੰਚ ਤੇ ਲਿਆਉਣ ਦਾ ਵੀ ਯਤਨ ਕੀਤਾ ਹੈ। ਪਿਛਲੇ ਕਈ ਵਰਿਆਂ ਤੋਂ ਡਾ. ਰਤਨ ਸਿੰਘ ਅਜਨਾਲਾ ਦੀ ਪਾਰਟੀ ਨਾਲ ਦੂਰੀ ਬਣੀ ਹੋਈ ਸੀ ਅਤੇ ਉਹ ਘਰ ਬੈਠੇ ਸਨ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਮਾਝੇ ਦੇ ਅਕਾਲੀ ਆਗੂ ਇਕੱਠੇ ਹੋਏ ਹਨ ਅਤੇ ਜਲਦੀ ਹੀ ਪੰਜ ਸੱਤ ਦਿਨਾਂ ਬਾਅਦ ਮੁੜ ਮੀਟਿੰਗ ਕਰਨਗੇ। ਮੌਜੂਦਾ ਪ੍ਰਸਥਿਤੀਆਂ ਨੂੰ ਵਿਚਾਰਨ ਮਗਰੋਂ ਲੋੜ ਮੁਤਾਬਕ ਮਾਮਲਾ ਪਾਰਟੀ ਕੋਲ ਵੀ ਰੱਖਿਆ ਜਾਵੇਗਾ। ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਨੂੰ ਉਨ੍ਹਾਂ ਪਾਰਟੀ ਲਈ ਵੱਡਾ ਝਟਕਾ ਕਰਾਰ ਦਿੱਤਾ। ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਆਖਿਆ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਪੰਥਕ ਜਮਾਤਾਂ ਵਿਚ ਕੁਝ ਊਣਤਾਈਆਂ ਆਈਆਂ ਹਨ। ਉਨ੍ਹਾਂ ਆਖਿਆ ਕਿ ਜਿਨ੍ਹਾਂ ਕਾਰਨਾਂ ਕਰਕੇ ਊਣਤਾਈਆਂ ਆਈਆਂ ਹਨ, ਉਹ ਕਾਰਨਾਂ ਨੂੰ ਦੂਰ ਕੀਤਾ ਜਾਵੇਗਾ। ਪਾਰਟੀ ਤੋਂ ਅਸਤੀਫਾ ਦੇਣ ਦੀਆਂ ਕਿਆਸਰਾਈਆਂ ਨੂੰ ਰੱਦ ਕਰਦਿਆਂ ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਇਸ ਨੂੰ ਛੱਡਣ ਬਾਰੇ ਸੋਚ ਵੀ ਨਹੀਂ ਸਕਦੇ ਪਰ ਇਸ ਵਿਚਲੀਆਂ ਕਮੀਆਂ ਨੂੰ ਦੂਰ ਕਰਨ ਲਈ ਯਤਨ ਕਰਨਗੇ। ਇਨ੍ਹਾਂ ਕਮੀਆਂ ਲਈ ਕੌਣ ਜ਼ਿੰਮੇਵਾਰ ਹੈ, ਸਬੰਧੀ ਸਵਾਲ ਦਾ ਉੱਤਰ ਦੇਣ ਤੋਂ ਉਨ੍ਹਾਂ ਟਾਲਾ ਵੱਟ ਲਿਆ। ਪਾਰਟੀ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਬ੍ਰਹਮਪੁਰਾ ਤੇ ਸ੍ਰੀ ਸੇਖਵਾਂ ਨੇ ਕੋਈ ਜਵਾਬ ਦੇਣ ਤੋਂ ਮਨ੍ਹਾਂ ਕਰ ਦਿੱਤਾ। ਪਰ ਉਨ੍ਹਾਂ ਆਖਿਆ ਕਿ ਕਿਸੇ ਵੀ ਸਿਆਸੀ ਪਾਰਟੀ ਵਿਚ ਹਮੇਸ਼ਾਂ ਸਭ ਠੀਕ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਰਬਾਦ ਨਹੀਂ ਹੋਣ ਦੇਣਗੇ। ਉਨ੍ਹਾਂ ਲਈ ਪਾਰਟੀ ਪਹਿਲਾਂ ਹੈ ਜਦੋਂਕਿ ਪ੍ਰਧਾਨ ਆਉਂਦੇ ਜਾਂਦੇ ਰਹੇ ਹਨ। ਸ੍ਰੀ ਬ੍ਰਹਮਪੁਰਾ ਨੇ ਵੀ ਆਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ ਅਤੇ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ ਅਗਲੇ ਕੁਝ ਦਿਨਾਂ ਵਿਚ ਮੌਜੂਦਾ ਪ੍ਰਸਥਿਤੀਆਂ ’ਤੇ ਮੁੜ ਵਿਚਾਰ ਕੀਤਾ ਜਾਵੇਗਾ
ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਸੀਨੀਅਰ ਅਕਾਲੀ ਆਗੂਆਂ ਦੀ ਇਸ ਮੀਟਿੰਗ ਵਿਚ ਪਾਰਟੀ ਦੀਆਂ ਕੁਝ ਨੀਤੀਆਂ ਤੇ ਸਖ਼ਤ ਇਤਰਾਜ਼ ਕੀਤਾ ਗਿਆ ਹੈ। ਅੱਜ ਦੀ ਮੀਟਿੰਗ ਵਿਚ ਇਕ ਅਕਾਲੀ ਆਗੂ ਅਸਤੀਫ਼ਾ ਦੇਣ ਲਈ ਵੀ ਤਿਆਰ ਸੀ ਪਰ ਹੋਰਨਾਂ ਆਗੂਆਂ ਨੇ ਫਿਲਹਾਲ ‘ਉਡੀਕ ਕਰੋ ਤੇ ਦੇਖੋ’ ਦੀ ਨੀਤੀ ਅਪਨਾਉਣ ਦੀ ਸਲਾਹ ਦਿੱਤੀ ਹੈ ਜਿਸ ਕਾਰਨ ਇਹ ਮਾਮਲਾ ਅਗਲੀ ਮੀਟਿੰਗ ’ਤੇ ਰੱਖਿਆ ਗਿਆ ਹੈ, ਜਿਸ ਵਿਚ ਮਾਝੇ ਦੇ ਹੋਰ ਅਕਾਲੀ ਆਗੂ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸ੍ਰੀ ਬ੍ਰਹਮਪੁਰਾ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫੈਸਲੇ ਨਾਲ ਅਸਹਿਮਤੀ ਅਤੇ ਬਰਗਾੜੀ ਕਾਂਡ ਦਾ ਅਕਾਲੀ ਸਰਕਾਰ ਹੁੰਦਿਆਂ ਵਾਪਰਨ ’ਤੇ ਅਫਸੋਸ ਪ੍ਰਗਟਾਇਆ। ਉਨ੍ਹਾਂ ਦਸਿਆ ਕਿ ਇਹ ਵਿਚਾਰ ਕੈਨੇਡਾ ਦੌਰੇ ਦੌਰਾਨ ਵੀ ਪ੍ਰਗਟਾਅ ਚੁੱਕੇ ਹਨ।
ਢੀਂਡਸਾ ਮੇਰਾ ਭਰਾ: ਬਾਦਲ
ਲੰਬੀ - ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਬਾਅਦ ਮੰਨ-ਮਨੌਤੀ ਦੀਆਂ ਕੋਸ਼ਿਸ਼ਾਂ ਵਿਚਕਾਰ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਆਪਣਾ ਭਰਾ ਦੱਸਿਆ ਹੈ। ਉਨ੍ਹਾਂ ਆਖਿਆ ਕਿ ਸ੍ਰੀ ਢੀਂਡਸਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚੋਂ ਵਿੱਚੋਂ ਹਨ ਜਿਨ੍ਹਾਂ ਲੰਮਾ ਸਮਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਬਿਹਤਰੀ ਲਈ ਕੰਮ ਕੀਤਾ। ਉਨ੍ਹਾਂ ਦੇ ਲੜਕੇ ਪਰਮਿੰਦਰ ਸਿੰਘ ਦਾ ਵੀ ਬਿਆਨ ਆਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਢੀਂਡਸਾ ਅੱਜ-ਕੱਲ੍ਹ ਬਿਮਾਰ ਹਨ ਤੇ ਉਹ ਛੇਤੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਰਨਾਲ ਦੇ ਪਿੰਡ ਡਾਚਰ ’ਚ ਗੁਰਦੁਆਰੇ ’ਚ ਮੱਥਾ ਟੇਕਣ ਤੋਂ ਨਾਂਹ ਕਰਨ ਸਬੰਧੀ ਪੁੱਛੇ ਜਾਣ ’ਤੇ ਸ੍ਰੀ ਬਾਦਲ ਨੇ ਆਖਿਆ ਕਿ ‘ਹਰ ਗੱਲ ਦਾ ਜਵਾਬ ਮੈਂ ਦੇਵਾਂ, ਇਹ ਜ਼ਰੂਰੀ ਨਹੀਂ।’ ਅਕਾਲੀ ਦਲ ਦੀ ਪਟਿਆਲਾ ਰੈਲੀ ਬਾਰੇ ਪੁੱਛੇ ਜਾਣ ’ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ‘ਉਡੀਕ ਕਰੋ। ਸਭ ਕੁਝ ਤੁਹਾਡੇ ਸਾਹਮਣੇ ਆ ਜਾਣਾ ਹੈ।’
ਢੀਂਡਸਾ ਅਸਤੀਫ਼ਾ ਵਾਪਸ ਨਹੀਂ ਲੈਣਗੇ
ਚੰਡੀਗੜ੍ਹ - ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਪ੍ਰਤੀ ਵਰਤੇ ਸ਼ਬਦਾਂ ਪ੍ਰਤੀ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਬਾਦਲ ਸਾਹਿਬ ਲਈ ਬਹੁਤ ਸਤਿਕਾਰ ਹੈ ਪਰ ਉਹ ਆਪਣੀ ਸਿਹਤ ਕਰਕੇ ਫੈਸਲਾ ਨਹੀਂ ਬਦਲਣਗੇ। ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਅੰਦਰ ਚੱਲ ਰਹੇ ਮੱਤਭੇਦਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Latest News
Magazine Archive