ਅਕਾਲੀ ਦਲ ਵੱਲੋਂ ਬਾਗ਼ੀ ਆਗੂਆਂ ਨੂੰ ਗੱਲਬਾਤ ਦਾ ਸੱਦਾ

ਅਕਾਲੀ ਦਲ ਵੱਲੋਂ ਬਾਗ਼ੀ ਆਗੂਆਂ ਨੂੰ ਗੱਲਬਾਤ ਦਾ ਸੱਦਾ

ਅਕਾਲੀ ਦਲ ਵੱਲੋਂ ਬਾਗ਼ੀ ਆਗੂਆਂ ਨੂੰ ਗੱਲਬਾਤ ਦਾ ਸੱਦਾ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਚੱਲਦਿਆਂ ਅੱਜ ਦਲ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਰਕਿੰਗ ਕਮੇਟੀ ਨੇ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਕੀਤੀ ਪੇਸ਼ਕਸ਼ ਨੂੰ ਠੁਕਰਾਉਂਦਿਆਂ ਪਾਰਟੀ ਪ੍ਰਧਾਨ ਦੀ ਅਗਵਾਈ ’ਤੇ ਭਰੋਸਾ ਜ਼ਾਹਿਰ ਕੀਤਾ ਹੈ। ਵਰਕਿੰਗ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤੇ ਜਾਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ’ਚ ਉੱਠੀ ਬਗ਼ਾਵਤ ਅਜੇ ਠੱਲ੍ਹਣ ਦਾ ਨਾਮ ਨਹੀਂ ਲੈ ਰਹੀ ਹੈ। ਪਾਰਟੀ ਦੇ ਇੱਕ ਧੜੇ ਨੇ ਲੰਘੇ ਕੱਲ੍ਹ ਜਲੰਧਰ ਵਿਚ ਮੀਟਿੰਗ ਕਰਕੇ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਅੱਜ ਪੂਰਾ ਦਿਨ ਦੋਵਾਂ ਧੜਿਆਂ ਵਿਚ ਇਲਜ਼ਾਮਤਰਾਸ਼ੀ ਦਾ ਦੌਰ ਚੱਲਦਾ ਰਿਹਾ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿਚ ਅੱਜ ਕੇਂਦਰ ਦੀ ਭਾਜਪਾ ਹਕੂਮਤ ਨੂੰ ਨਿਸ਼ਾਨੇ ’ਤੇ ਰੱਖਿਆ ਗਿਆ। ਕੋਰ ਕਮੇਟੀ, ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਬਾਅਦ ਅੱਜ ਵਰਕਿੰਗ ਕਮੇਟੀ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਪਿੱਠ ਥਾਪੜ ਦਿੱਤੀ ਹੈ।
ਵਰਕਿੰਗ ਕਮੇਟੀ ਦੀ ਮੀਟਿੰਗ ਮਗਰੋਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਪਾਰਟੀ ਦੇ ਬਾਗ਼ੀ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਆਗੂ ਅਕਾਲੀ ਹਨ ਅਤੇ ਕੁਰਬਾਨੀ ਦਾ ਮਾਦਾ ਰੱਖਦੇ ਹਨ, ਉਨ੍ਹਾਂ ਨੂੰ ਬਾਹਰ ਗੱਲ ਕਰਨ ਦੀ ਥਾਂ ਪਾਰਟੀ ਦੇ ਮੰਚ ’ਤੇ ਆ ਕੇ ਆਪਣੀ ਗੱਲ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਬੋਲੀ ਬੋਲਣ ਵਾਲੇ ਆਗੂ ਅੱਜ ਪਾਰਟੀ ਮੰਚ ’ਤੇ ਆਉਣ ਤਾਂ ਜੋ ਪਾਰਟੀ ਇਕਜੁੱਟ ਹੋ ਕੇ ਇਨ੍ਹਾਂ ਮੁੱਦਿਆਂ ’ਤੇ ਲੜ ਸਕੇ। ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀ ਦੇ ਅੰਦਰ ਆ ਕੇ ਬਹਿਸ ਕਰਨ। ਵਰਕਿੰਗ ਕਮੇਟੀ ਨੇ ਅੱਜ ਮਤਾ ਪਾਸ ਕਰਕੇ ਬਾਗ਼ੀ ਆਗੂਆਂ ਨੂੰ ਤਾੜਨਾ ਕਰ ਦਿੱਤੀ ਕਿ ਪਾਰਟੀ ਤੋਂ ਬਾਹਰ ਜਾ ਕੇ ਕੋਈ ਗੱਲ ਨਾ ਕੀਤੀ ਜਾਵੇ ਅਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਹ ਆਪਣੇ ਆਪ ਨੂੰ ਪਾਰਟੀ ਦਾ ਹਿੱਸਾ ਨਾ ਸਮਝੇ। ਕਮੇਟੀ ਨੇ ਅੱਜ ਬਾਗ਼ੀ ਆਗੂਆਂ ਖ਼ਿਲਾਫ਼ ਸਿੱਧੇ ਤੌਰ ’ਤੇ ਕੋਈ ਕਾਰਵਾਈ ਕਰਨ ਤੋਂ ਪਾਸਾ ਵੱਟਿਆ ਹੈ। ਅੱਜ ਦੀ ਮੀਟਿੰਗ ਮਗਰੋਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਪੂਰਨ ਵਿਸ਼ਵਾਸ ਜ਼ਾਹਰ ਕੀਤਾ ਹੈ ਅਤੇ ਮੀਟਿੰਗ ਵਿਚ ਪੁਰਾਣੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਵਿਸ਼ੇਸ਼ ਮਤਾ ਪਾਸ ਕੀਤਾ ਹੈ ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮਨ ਭਾਈਚਾਰੇ ਨੂੰ ਬਰਕਰਾਰ ਰੱਖਣ ਵਾਸਤੇ ਲੜਾਈ ਲੜਦਾ ਰਹੇਗਾ। ਕੇਂਦਰੀ ਹਕੂਮਤ ਵੱਲੋਂ ਸੰਘੀ ਢਾਂਚੇ ਨੂੰ ਲਾਈ ਜਾ ਰਹੀ ਢਾਹ ਅਤੇ ਧਾਰਮਿਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਕੇਂਦਰੀ ਹਕੂਮਤ ਨੂੰ ਸਿੱਖਾਂ ਦੇ ਜਜ਼ਬਾਤਾਂ ਨਾਲ ਨਾ ਖੇਡਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਬੀ ਕੰਗਣਾ ਰਣੌਤ ਵੱਲੋਂ ਸਿੱਖ ਕੌਮ ’ਤੇ ਸਿੱਧਾ ਹਮਲਾ ਕਰਨਾ, ਰਾਜਸਥਾਨ ਵਿਚ ਕਰਾਰਾਂ ਸਮੇਤ ਇੱਕ ਸਿੱਖ ਲੜਕੀ ਨੂੰ ਪ੍ਰੀਖਿਆ ਵਿਚ ਨਾ ਬੈਠਣ ਦੇਣਾ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ, ਸਭ ਇਸ ਕੜੀ ਦਾ ਹਿੱਸਾ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ 31 ਜੁਲਾਈ ਤੱਕ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਅਪੀਲ ਵੀ ਕੀਤੀ ਹੈ।

sant sagar