ਬੇਅਦਬੀ ਮਾਮਲਿਆਂ ਖ਼ਿਲਾਫ ਅਕਾਲ ਤਖਤ ਸਖ਼ਤ ਕਾਰਵਾਈ ਕਰੇਗਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ

ਬੇਅਦਬੀ ਮਾਮਲਿਆਂ ਖ਼ਿਲਾਫ ਅਕਾਲ ਤਖਤ ਸਖ਼ਤ ਕਾਰਵਾਈ ਕਰੇਗਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇ ਕਿਸੇ ਵੀ ਥਾਂ ’ਤੇ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖਤ ਵੱਲੋਂ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਰਜਕਾਰੀ ਜਥੇਦਾਰ ਨੂੰ ਅੱਜ ਲੁਧਿਆਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਮਤਿ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।
ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਬੇਹੱਦ ਚਿੰਤਤ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇ ਕਿਸੇ ਵੀ ਥਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਵਿੱਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਉਸ ਉੱਤੇ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ ਭਾਵੇਂ ਸ਼ਿਕਾਇਤ ਆਏ ਜਾਂ ਨਾ, ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਕਰੇਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਿਆਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।
ਉਨ੍ਹਾਂ ਬੀਤੇ ਸਮੇਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਉੱਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੋਸ਼ੀ ਦੀ ਪਛਾਣ ਡੀਐੱਨਏ ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹੁਣ ਤੱਕ ਸਰਕਾਰ ਉਸ ਦੀ ਪਛਾਣ ਕਿਉਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਨਸ਼ਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਇਸ ਸਬੰਧੀ ਅਵਾਜ਼ ਬੁਲੰਦ ਕਰਨ ਲਈ ਕਿਹਾ।